Latest News & Updates

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਫ੍ਰੀ ਕੈਂਸਰ ਜਾਂਚ ਅਤੇ ਜਾਗਰੁਕਤਾ ਕੈਂਪ 9 ਜੂਨ ਨੂੰ

ਵਰਲਡ ਕੈਂਸਰ ਕੇਅਰ ਸੁਸਾਇਟੀ ਜੋ ਕਿ ਪੂਰੀ ਦੁਨੀਆ ਵਿੱਚ ਕੈਂਸਰ ਪ੍ਰਤੀ ਲੋਕਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਜਾਗਰੁਕ ਕਰਦੀ ਆ ਰਹੀ ਹੈ ਅਤੇ ਕੈਂਸਰ ਦੇ ਮਰੀਜਾਂ ਦੇ ਇਲਾਜ ਲਈ ਮਦਦ ਕਰਦੀ ਆ ਰਹੀ ਹੈ, ਵੱਲੋਂ 9 ਜੂਨ 2022 ਨੂੰ ਬਲੁਮਿੰਗ ਬਡਜ਼ ਸਕੂਲ ਵਿਖੇ ਇਲਾਕਾ ਨਿਵਾਸੀਆਂ ਲਈ ਫ੍ਰੀ ਕੈਂਸਰ ਜਾਂਚ ਅਤੇ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਰਲਡ ਕੈਂਸਰ ਕੇਅਰ ਦੇ ਮਾਲਵਾ ਜ਼ੋਨ ਦੇ ਡਾਇਰੈਕਟਰ ਦਵਿੰਦਰਪਾਲ ਸਿੰਘ ਰਿੰਪੀ ਤੇ ਬੀ.ਬੀ.ਐੱਸ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਇਹ ਕੈਂਪ ਅਮੈਰਿਕਨ ਓਨਕੋਲੋਜੀ ਇੰਸਟੀਚਿਊਟ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਜੋ ਕਿ 9 ਜੂਨ 2022 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗੇਗਾ। ਇਸ ਕੈਂਪ ਵਿੱਚ ਇਲਾਕਾ ਨਿਵਾਸੀਆਂ ਨੂੰ ਫ੍ਰੀ ਕੈਂਸਰ ਜਾਂਚ ਕਰਵਾਉਣ ਦਾ ਲਾਭ ਮਿਲੇਗਾ। ਜਿਸ ਵਿੱਚ ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸਰੀਰਕ ਜਾਂਚ, ਔਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫੀ ਟੈਸਟ ਕੀਤੇ ਜਾਣਗੇ। ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਲਈ ਟੈਸਟ (ਪੈਪ ਸਮੀਅਰ), ਮਰਦਾਂ ਦੇ ਗਦੂਦਾਂ ਦੇ ਕੈਂਸਰ ਦੀ ਜਾਂਚ ਲਈ ਪੀ.ਐੱਸ.ਏ ਟੈਸਟ ਕੀਤੇ ਜਾਣਗੇ। ਔਰਤਾਂ ਤੇ ਮਰਦਾਂ ਦੇ ਮੂੰਹ ਦੇ ਕੈਂਸਰ ਦੀ ਜਾਂਚ, ਬਲੱਡ ਕੈਂਸਰ ਦੀ ਜਾਂਚ, ਹੱਡੀਆਂ ਦੇ ਟੈਸਟ, ਈ.ਸੀ.ਜੀ, ਸ਼ੂਗਰ ਤੇ ਬਲੱਡ ਪ੍ਰੈਸ਼ਰ ਟੈਸਟ ਕੀਤੇ ਜਾਣਗੇ ਅਤੇ ਬਿਮਾਰੀ ਨਾਲ ਸੰਬੰਧਤ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਕੈਂਸਰ ਦੇ ਮਰੀਜਾਂ ਦੇ ਇਲਾਜ ਲਈ ਸਹੀ ਸਲਾਹ ਮਾਹਰ ਡਾਕਟਰਾਂ ਵੱਲੋਂ ਦਿੱਤੀ ਜਾਵੇਗੀ। ਸ. ਦਵਿੰਦਰਪਾਲ ਸਿੰਘ ਰਿੰਪੀ ਤੇ ਸ਼੍ਰੀ ਸੰਜੀਵ ਕੁਮਾਰ ਸੈਣੀ ਨੇ ਅੱਗੇ ਦੱਸਿਆ ਕਿ ਫੈਡਰੇਸ਼ਨ ਆਫ ਪ੍ਰਾਈਵੇਟ ਅਨਏਡਡ ਸਕੂਲਜ਼ ਐਂਡ ਐਸੋਸੀਏਸ਼ਨਸ ਆਫ ਪੰਜਾਬ ਵੱਲੋਂ ਵਰਲਡ ਕੈਂਸਰ ਕੇਅਰ ਸੋਸਾਈਟੀ ਦੇ ਗਲੋਬਲ ਅੰਬੈਸਡਰ ਸ. ਕੁਲਵੰਤ ਸਿੰਘ ਧਾਲੀਵਾਲ ਨੂੰ ‘ਪ੍ਰਾਈਡ ਆਫ ਪੰਜਾਬ’ ਦਾ ਸਨਮਾਨ ਦਿੱਤਾ ਗਿਆ ਸੀ। ਜਿਸ ਦੌਰਾਨ ਸ. ਕੁਲਵੰਤ ਸਿੰਘ ਧਾਲੀਵਾਲ ਵੱਲੋਂ ਐਜੁਕੇਸ਼ਨਿਸਟਾਂ ਨੂੰ ਅਪੀਲ ਕੀਤੀ ਗਈ ਸੀ ਕਿ ਸਾਰਿਆਂ ਨੂੰ ਇੱਕਜੁੱਟ ਹੋ ਕੇ ਕੈਂਸਰ ਵਿਰੁੱਧ ਇਸ ਮੁਹਿੰਮ ਵਿੱਚ ਭਰਵਾਂ ਹੰਬਲਾ ਮਾਰਨਾ ਚਾਹੀਦਾ ਹੈ ਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੁਕ ਕਰਨਾ ਚਾਹੀਦਾ ਹੈ। ਉਹਨਾਂ ਇਹ ਵੀ ਕਿਹਾ ਕਿ ਸਕੂਲ ਇਹੋ ਜਿਹੇ ਅਦਾਰੇ ਹਨ ਜਿੱਥੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਆਉਣਾ-ਜਾਣਾ ਹੁੰਦਾ ਹੈ ਅਤੇ ਇਸ ਤਰ੍ਹਾਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਕੈਂਸਰ ਪ੍ਰਤੀ ਜਾਗਰੁਕ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਫੈਡਰੇਸ਼ਨ ਦੇ ਪ੍ਰਧਾਨ ਸ. ਜਗਜੀਤ ਸਿੰਘ ਧੂਰੀ ਅਤੇ ਲੀਗਲ ਕਨਵੀਨਰ ਸ਼੍ਰੀ ਸੰਜੀਵ ਕੁਮਾਰ ਸੈਣੀ ਜੀ ਵੱਲੋਂ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਸਾਡੀ ਐਸੋਸੀਏਸ਼ਨ ਇਸ ਉਪਰਾਲੇ ਵਿੱਚ ਹਰ ਤਰ੍ਹਾਂ ਦੀ ਮਦਦ ਕਰਨ ਲਈ ਹਮੇਸ਼ਾ ਤਿਆਰ ਹੈ। ਸ. ਕੁਲਵੰਤ ਸਿੰਘ ਧਾਲੀਵਾਲ ਜੀ ਦੀ ਅਪੀਲ ਤੇ ਹੀ ਸ. ਦਵਿੰਦਰਪਾਲ ਸਿੰਘ ਰਿੰਪੀ ਤੇ ਸ਼੍ਰੀ ਸੰਜੀਵ ਕੁਮਾਰ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਇਹ ਕੈਂਪ ਲਗਾਈਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਹਨਾਂ ਸਾਰੇ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਕੈਂਪ ਦਾ ਲਾਭ ਲੈਣਾ ਚਾਹੀਦਾ ਹੈ ਤਾਂ ਜੋ ਕੈਂਸਰ ਵਰਗੀ ਇਸ ਨਾ-ਮੁਰਾਦ ਬਿਮਾਰੀ ਪ੍ਰਤੀ ਜਾਗਰੁਕ ਹੋ ਸਕਣ।