ਬਲੂਮਿੰਗ ਬਡਜ਼ ਸਕੂਲ਼ ਵਿੱਚ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਵਸ ਤੇ ਦਿੱਤੀ ਸ਼ਰਧਾਂਜਲੀ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬਲਿਦਾਨ ਨੇ ਨੌਜਵਾਨਾ ਵਿੱਚ ਇੱਕ ਨਵੇਂ ਜੋਸ਼ ਦਾ ਸੰਚਾਰ ਕਰ ਦਿੱਤਾ ਸੀ: ਕਮਲ ਸੈਣੀ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਮੋਗਾ ਵਿਖੇ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਕੂਲ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਸਵੇਰ ਦੀ ਸਭਾ ਦੋਰਾਨ ਵਿਦਿਆਰਥੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਨਾਲ ਸਬੰਧਤ ਆਰਟੀਕਲ ਅਤੇ ਚਾਰਟ ਪੇਸ਼ ਕੀਤੇ ਗਏ। ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਲੁਧਿਆਣਾ ਜ਼ਿਲੇ੍ਹ ਦੇ ਪਿੰਡ ਸਰਾਭਾ ਵਿਖੇ ਸਰਦਾਰ ਮੰਗਲ ਸਿੰਘ ਅਤੇ ਬੀਬੀ ਸਾਹਿਬ ਕੌਰ ਦੇ ਘਰ ਹੋਇਆ। ਕਰਤਾਰ ਸਿੰਘ ਸਰਾਭਾ ਨੇ ਮੁੱਢਲੀ ਵਿਦਿਆ ਪਿੰਡ ਦੇ ਸਕੂਲ਼ ਤੋਂ ਹੀ ਪ੍ਰਾਪਤ ਕੀਤੀ। ਇਸ ਉਪਰੰਤ ਲੁਧਿਆਣਾ ਦੇ ਖਾਲਸਾ ਸਕੂਲ ਵਿਚੋਂ ਅੱਠਵੀਂ ਪਾਸ ਕੀਤੀ ਅਤੇ ਇਸ ਮਗਰੋਂ ਆਪ ਆਪਣੇ ਚਾਚਾ ਵੀਰ ਸਿੰਘ ਕੋਲ ਜੋ ਕਿ ਉੜੀਸਾ ਵਿੱਚ ਡਾਕਟਰ ਸਨ, ਕੋਲ ਚਲੇ ਗਏ ਅਤੇ ਉੱਥੋਂ ਦੀ ਰੇਵਨਸ਼ਾਹ ਯੂਨੀਵਰਸਿਵੀ ਤੋਂ ਦਸਵੀਂ ਤੱਕ ਦੀ ਪੜ੍ਹਾਈ ਕੀਤੀ।ਉਸ ਉਪਰੰਤ ਉਹਨਾਂ ਦੇ ਦਾਦਾ ਜੀ ਨੇ ਉਹਨਾਂ ਨੂੰ ਉਚੇਰੀ ਸਿੱਖਿਆ ਲਈ ਅਮਰੀਕਾ ਕੈਲੀਫੋਰਨੀਆ ਯੂਨੀਵਰਸਿਟੀ ਭੇਜ ਦਿੱਤਾ। ਸਕੂਲ ਪ੍ਰਿੰਸੀਪਲ ਡਾ. ਹਮੀਲੀਆਂ ਰਾਣੀ ਨੇ ਬੱਚਿਆਂ ਨੂੰ ਦੱਸਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਦਰ ਦੇਸ਼ ਭਗਤੀ ਮੁਢੋਂ ਹੀ ਭਰੀ ਹੋਈ ਸੀ। ਦੇਸ਼ ਵਿੱਚ ਭਾਰਤੀਆਂ ਨਾਲ ਹੁੰਦੇ ਵਿਤਕਰੇ ਨੂੰ ਦੇਖ ਕੇ ਉਸਦੀ ਰੂਹ ਕੁਰਲਾ ਉੱਠੀ ਤੇ ਉਹ ਦਿਨ ਰਾਤ ਭਾਰਤ ਨੂੰ ਅਜ਼ਾਦ ਕਰਵਾਉਣ ਦੇ ਸੁਪਨੇ ਲੈਣ ਲੱਗੇ। ਅਮਰੀਕਾ ਅਤੇ ਕਨੇਡਾ ਵਿੱਚ ਰਹਿੰਦੇ ਭਾਰਤੀਆਂ ਨੂੰ ਇੱਕ ਜੁੱਟ ਕਰਨ ਦਾ ਕੰਮ ਸ਼ੁਰੂ ਕੀਤਾ। ਕਰਤਾਰ ਸਿੰਘ ਸਰਾਭਾ ਨੇ ਅਜੇ ਜਵਾਨੀ ਦੀ ਦਹਿਲੀਜ਼ ਤੇ ਪੈਰ ਟਿਕਾਇਆ ਹੀ ਸੀ ਕਿ ਭਾਰਤ ਮਾਂ ਨੂੰ ਅਜ਼ਾਦ ਕਰਵਾਉਣ ਲਈ 19 ਵਰਿ੍ਹਆਂ ਦੀ ਮਾਸੂਮ ਉਮਰ ਵਿੱਚ ਹੀ ਸ਼ਹੀਦੀ ਦਾ ਜਾਮ ਪੀ ਲਿਆ। ਅਜਿਹੇ ਲੱਖਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਭਾਰਤ 15 ਅਗਸਤ 1947 ਨੂੰ ਅਜ਼ਾਦ ਹੋ ਗਿਆ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਬੱਚਿਆਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜਿੰਦਗੀ ਚਾਹੇ ਛੋਟੀ ਰਹੀ ਪਰ ਉਹ ਸਾਰਿਆਂ ਲਈ ਪ੍ਰੇਰਨਾ ਦਾ ਸੋਮਾ ਹੈ। ਸਾਡਾ ਸਾਰਿਆਂ ਦਾ ਭਾਰਤੀ ਨਾਗਰਿਕ ਹੋਣ ਦੇ ਨਾਤੇ ਇਹ ਫਰਜ਼ ਬਣਦਾ ਹੈ ਕਿ ਦੇਸ਼ ਦੇ ਸ਼ਹੀਦਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਨੂੰ ਯਾਦ ਰੱਖੀਏ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।