ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲ਼ੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸਕੂਲ ਵਿੱਚ ਸਵੇਰ ਦੀ ਸਭਾ ਮੌਕੇ “ਜੋ ਮਾਂਗੇ ਠਾਕੁਰ ਆਪਣੇ ਸੇ, ਸੋਈ-ਸੋਈ ਦੇ ਵੈ” ਸ਼ਬਦ ਗਾਇਨ ਦੁਆਰਾ ਕੀਤੀ ਗਈ।ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਜਾਣਕਾਰੀ ਦੂਸਰੇ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਅਨੇਕਾਂ ਗੁਰੂਆਂ ਅਤੇ ਭਗਤਾਂ ਦੀ ਬਾਣੀ ਦਰਜ਼ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੰਜਵੇ ਗੁਰੂ ਸ਼੍ਰੀ ਅਰਜਨ ਦੇਵ ਜੀ ਦੁਆਰਾ ਭਾਈ ਗੁਰਦਾਸ ਜੀ ਦੇ ਕਰਕਮਲਾਂ ਰਾਹੀਂ ਸੰਪੂਰਨ ਕਰਵਾਇਆ ਗਿਆ ਸੀ। ਉਹਨਾਂ ਪਹਿਲੇ ਚਾਰਾਂ ਗੁਰੂਆਂ ਦੁਆਰਾ ਰਚੀ ਬਾਣੀ ਨੂੰ ਇਕੱਠਾ ਕਰਕੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਕਰਵਾਇਆ। ਇਸ ਤੋਂ ਬਾਅਦ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਅਨਮੋਲ ਵਚਨਾਂ ਰਾਹੀ ਇਹ ਉਚਾਰਿਆ ਕਿ ‘ ਆਗਿਆ ਭਈ ਅਕਾਲ ਕੀ ਤਬੈ ਚਲਾਇਓ ਪੰਥ, ਸਭ ਸਿੱਖਣ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ” ਇਸ ਤਰ੍ਹਾਂ ਗੁਰਗੱਦੀ ਦੀ ਸਮਾਪਤੀ ਕੀਤੀ ਗਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਗੁਰੂ ਐਲਾਨਿਆ ਗਿਆ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਜੀ ਵੱਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਇਤਿਹਾਸਕ ਤੱਥਾਂ ਅਨੁਸਾਰ 1604 ਈ. ਵਿੱਚ ਸ਼੍ਰੀ ਹਰਿਮੰਦਰ ਸਾਹਿਬ, ਅਮ੍ਰਿਤਸਰ ਵਿਖੇ ਪਹਿਲੀ ਵਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੋਇਆ ਅਤੇ ਬਾਬਾ ਬੁੱਢਾ ਜੀ ਇਸ ਪਵਿੱਤਰ ਗ੍ਰੰਥ ਦੇ ਪਹਿਲੇ ਗ੍ਰੰਥੀ ਨਿਯੁਕਤ ਹੋਏ। ਉਹਨਾਂ ਬੱਚਿਆਂ ਨੂੰ ਸੁਨੇਹਾ ਦਿੱਤਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਜੋ ਬਾਣੀ ਦਰਜ਼ ਹੈ ਉਹ ਗਿਆਨ ਦਾ ਇੱਕ ਅਥਾਹ ਸੋਮਾ ਹੈ। ਬਾਣੀ ਵਿੱਚ ਦਰਜ਼ ਸਿੱਖਿਆਵਾਂ ਤੇ ਚੱਲ ਕੇ ਅਸੀਂ ਇੱਕ ਆਦਰਸ਼ ਜੀਵਨ ਜੀ ਸਕਦੇ ਹਾਂ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।