ਬਲੂਮਿੰਗ ਬਡਜ਼ ਸਕੂਲ ਮੋਗਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਬਦ ਗਾਇਨ ਕੀਤਾ

ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜੇ ਮੌਕੇ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ। ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜਨਮ ਪਹਿਲੀ ਅਪ੍ਰੈਲ 1621 ਈਸਵੀਂ ਨੂੰ ਅੰਮ੍ਰਿਤਸਰ, ਪੰਜਾਬ ਵਿਖੇ ਹੋਇਆ। ਬਚਪਨ ਵਿੱਚ ਉਨ੍ਹਾਂ ਦਾ ਨਾਮ ਤਿਆਗ ਮੱਲ ਸੀ। ਗੁਰੂ ਹਰਗੋਬਿੰਦ ਸਾਹਿਬ ਜੀ ਉਨ੍ਹਾਂ ਦੇ ਪਿਤਾ ਜੀ ਅਤੇ ਮਾਤਾ ਨਾਨਕੀ ਜੀ ਸਨ। ਉਨ੍ਹਾਂ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ ਮਾਤਾ ਗੁਜਰੀ ਜੀ ਨਾਲ ਹੋਇਆ, ਅਤੇ ਇੱਕ ਪੁੱਤਰ ਦੀ ਦਾਤ ਪ੍ਰਾਪਤ ਹੋਈ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਬੱਚਿਆਂ ਨੂੰ ਦੱਸਿਆ ਕਿ ਔਰੰਗਜ਼ੇਬ ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਨਾ ਸੁਣੀ ਗਈ ਤਾਂ 16 ਕਸ਼ਮੀਰੀ ਬ੍ਰਾਹਮਣਾਂ ਦਾ ਇਕ ਜੱਥਾ ਚੱਕ ਨਾਨਕੀ ਆਇਆ ਤੇ ਗੁਰੂ ਸਾਹਿਬ ਨੂੰ ਦਸਿਆ ਕਿ ਅਸੀ ਮੁਗਲਾਂ ਦੇ ਜ਼ੁਲਮ ਤੋਂ ਤੰਗ ਆ ਚੁੱਕੇ ਹਾਂ। ਉਹ ਹਰ ਰੋਜ਼ ਸੈਂਕੜੇ ਬ੍ਰਾਹਮਣਾਂ ਨੂੰ ਜਬਰੀ ਮੁਸਲਮਾਨ ਬਣਾ ਰਿਹਾ ਹੈ। ਹੁਣ ਸਾਡੀ ਆਖ਼ਰੀ ਆਸ ਸਿਰਫ਼ ਗੁਰੂ ਨਾਨਕ ਸਾਹਿਬ ਦਾ ਦਰ ਹੀ ਹੈ। ਗੁਰੂ ਤੇਗ਼ ਬਹਾਦਰ ਸਾਹਿਬ ਨੇ ਬ੍ਰਾਹਮਣਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਗੁਰੂ ਜੀ ਫ਼ੁਰਮਾਉਣ ਲੱਗੇ ਕਿ ਇਸ ਸਮੇਂ ਕਿਸੇ ਮਹਾਨ ਆਤਮਾ ਦੀ ਸ਼ਹੀਦੀ ਦੀ ਲੋੜ ਹੈ। ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂਪੁਰਖ ਕੌਣ ਹੋ ਸਕਦਾ ਹੈ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਡੁੱਬਦੇ ਹੋਏ ਧਰਮ ਦੀ ਰੱਖਿਆ ਕਰੋ। ਗੁਰੂ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਔਰੰਗਜ਼ੇਬ ਨੂੰ ਕਹਿ ਦਿਓ ਕਿ ਜਾਹ! ਪਹਿਲਾਂ ਸਾਡੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਲੈ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਖ਼ੁਸ਼ੀ-ਖੁਸ਼ੀ ਮੁਸਲਮਾਨ ਬਣ ਜਾਵਾਂਗੇ। ਇਸ ਤਰ੍ਹਾਂ ਗੁਰੂ ਜੀ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਜੈਤਾ ਜੀ ਅਤੇ ਭਾਈ ਦਿਆਲਾ ਜੀ ਆਦਿ ਸਿੱਖਾਂ ਨਾਲ ਦਿੱਲੀ ਵੱਲ ਕੁਰਬਾਨੀ ਦੇਣ ਚੱਲ ਪਏ। ਜਦੋਂ ਗੁਰੂ ਜੀ ਨੂੰ ਇਸਲਾਮ ਦੇ ਨਸ਼ੇ ਵਿੱਚ ਧੁੱਤ ਔਰੰਗਜ਼ੇਬ ਦੇ ਸਾਹਮਣੇ ਲਿਆਂਦਾ ਗਿਆ ਤਾਂ ਉਸ ਨੇ ਆਪ ਜੀ ਨੂੰ ਇਸਲਾਮ ਕਬੂਲਣ ਲਈ ਪ੍ਰੇਰਿਆ। ਪਰ ਗੁਰੂ ਜੀ ਨੇ ਇਨਕਾਰ ਕਰ ਦਿੱਤਾ। ਅੰਤ ਮਿਤੀ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਤਲਵਾਰ ਨਾਲ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਕ ਦਿੱਤਾ ਗਿਆ। ਚੇਅਰਪਰਸਨ ਮੈਡਮ ਕਮਲ ਸੈਣੀ ਜੀ ਨੇ ਬੱਚਿਆਂ ਨੂੰ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਜੋ ਕਿ ਸਿੱਖਾਂ ਦੇ ਨੌਵੇਂ ਗੁਰੂ ਸਨ ਉਹਨਾਂ ਦਾ ਸਾਰਾ ਜੀਵਨ ਹੀ ਪ੍ਰੇਰਣਾਦਾਈ ਹੈ। ਉਨ੍ਹਾਂ ਨੂੰ ‘ਹਿੰਦ ਦੀ ਚਾਦਰ’ ਕਹਿ ਕੇ ਵੀ ਸਨਮਾਨਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਆਪਣੇ ਜੀਵਨ ਦੀ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਮੁਗਲਾਂ ਦੇ ਜ਼ੁਲਮ ਦੀ ਸ਼ਿਕਾਰ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਮੁਗਲਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਹੋ ਗਈ। ਸਕੂਲ ਵਿੱਚ ਇਸ ਤਰਾਂ ਦੇ ਪ੍ਰੋਗਰਾਮ ਅਕਸਰ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆ ਨੂੰ ਧਰਮ ਅਤੇ ਇਤਿਹਾਸ ਨਾਲ ਜਾਣੂੰ ਕਰਵਾਇਆ ਜਾ ਸਕੇ।